pash

ਭਾਰਤ – ਪਾਸ਼

ਭਾਰਤ –
ਮੇਰੇ ਸਤਿਕਾਰ ਦਾ ਸਭ ਤੋਂ ਮਹਾਨ ਸ਼ਬਦ
ਜਿਥੇ ਕਿਤੇ ਵੀ ਵਰਤਿਆ ਜਾਏ
ਬਾਕੀ ਸਾਰੇ ਸ਼ਬਦ ਅਰਥ-ਹੀਣ ਹੋ ਜਾਂਦੇ ਹਨ
ਇਸ ਸ਼ਬਦ ਦੇ ਭਾਵ
ਖੇਤਾਂ ਦੇ ਓਨ੍ਹਾਂ ਪੁੱਤਰਾਂ ਤੋਂ ਹਨ
ਜਿਹੜੇ ਅੱਜ ਵੀ ਰੁੱਖਾਂ ਦੇ ਪਰਛਾਵਿਆਂ ਨਾਲ ,
ਵਕਤ ਮਿਣਦੇ ਹਨ |
ਓਹਨਾਂ ਕੋਲ ਢਿੱਡ ਤੋਂ ਬਿਨਾਂ ਕੋਈ ਸਮੱਸਿਆ ਨਹੀਂ |
ਤੇ ਓਹ ਭੁੱਖ ਲੱਗਣ ‘ਤੇ
ਆਪਣੇ ਅੰਗ ਵੀ ਚਬਾ ਸਕਦੇ ਹਨ ,
ਓਨ੍ਹਾਂ ਲਈ ਜ਼ਿੰਦਗੀ ਇਕ ਪਰੰਪਰਾ ਹੈ
ਤੇ ਮੌਤ ਦੇ ਅਰਥ ਹਨ ਮੁਕਤੀ |
ਜਦ ਵੀ ਕੋਈ ਸਮੁੱਚੇ ਭਾਰਤ ਦੀ
‘ਕੌਮੀ ਏਕਤਾ’ ਦੀ ਗੱਲ ਕਰਦਾ ਹੈ
ਤਾਂ ਮੇਰਾ ਚਿਤ ਕਰਦਾ ਹੈ –
ਉਸ ਦੀ ਟੋਪੀ ਹਵਾ ‘ਚ ਉਛਾਲ ਦਿਆਂ |
ਉਸ ਨੂੰ ਦੱਸਾਂ
ਕਿ ਭਾਰਤ ਦੇ ਅਰਥ
ਕਿਸੇ ਦੁਸ਼ਯੰਤ ਨਾਲ ਸੰਬਧਤ ਨਹੀਂ
ਸਗੋਂ ਖੇਤਾਂ ਵਿੱਚ ਦਾਇਰ ਹਨ |
ਜਿਥੇ ਅੰਨ ਉੱਗਦਾ ਹੈ
ਜਿੱਥੇ ਸੰਨ੍ਹਾਂ ਲੱਗਦੀਆਂ ਹਨ …

ਮੈਂ ਪੁੱਛਦਾ ਹਾਂ – ਪਾਸ਼

ਮੈਂ ਪੁੱਛਦਾ ਹਾਂ ਅਸਮਾਨ ’ਚ ਉੜਦੇ ਹੋਏ ਸੂਰਜ ਨੂੰ
ਕੀ ਵਕਤ ਏਸੇ ਦਾ ਨਾਂ ਹੈ
ਕਿ ਘਟਨਾਵਾਂ ਕੁਚਲਦੀਆਂ ਤੁਰੀਆਂ ਜਾਣ
ਮਸਤ ਹਾਥੀ ਵਾਂਗ
ਇਕ ਸਮੁੱਚੇ ਮਨੁੱਖ ਦੀ ਚੇਤਨਾ ?
ਕਿ ਹਰ ਸਵਾਲ
ਕੇਵਲ ਕੰਮ ’ਚ ਰੁਝੇ ਜਿਸਮ ਦੀ ਗਲਤੀ ਹੀ ਹੋਵੇ ?

ਕਿਉਂ ਸੁਣਾ ਦਿੱਤਾ ਜਾਂਦਾ ਹੈ ਹਰ ਵਾਰੀ
ਪੁਰਾਣਾ ਚੁਟਕਲਾ
ਕਿਉਂ ਕਿਹਾ ਜਾਂਦਾ ਹੈ ਅਸੀਂ ਜਿਊਂਦੇ ਹਾਂ
ਜ਼ਰਾ ਸੋਚੋ–
ਕਿ ਸਾਡੇ ’ਚੋਂ ਕਿੰਨਿਆਂ ਕੁ ਦਾ ਨਾਤਾ ਹੈ
ਜ਼ਿੰਦਗੀ ਵਰਗੀ ਸ਼ੈਅ ਨਾਲ !

ਰੱਬ ਦੀ ਉਹ ਕਿਹੋ ਜੇਹੀ ਰਹਿਮਤ ਹੈ
ਜੋ ਕਣਕ ਗੁੱਡਦੇ ਪਾਟੇ ਹੋਏ ਹੱਥਾਂ –
ਤੇ ਮੰਡੀ ਵਿਚਲੇ ਤਖ਼ਤਪੋਸ਼ ’ਤੇ ਫੈਲੀ ਹੋਈ ਮਾਸ ਦੀ
ਉਸ ਪਿਲਪਲੀ ਢੇਰੀ ਉਤੇ,
ਇਕੋ ਸਮੇਂ ਹੁੰਦੀ ਹੈ ?

ਆਖ਼ਰ ਕਿਉਂ
ਬਲਦਾਂ ਦੀਆਂ ਟੱਲੀਆਂ
ਤੇ ਪਾਣੀ ਕੱਢਦੇ ਇੰਜਣਾਂ ਦੇ ਸ਼ੋਰ ਅੰਦਰ
ਘਿਰੇ ਹੋਏ ਚਿਹਰਿਆਂ ’ਤੇ ਜੰਮ ਗਈ ਹੈ
ਇਕ ਚੀਕਦੀ ਖਾਮੋਸ਼ੀ ?

ਕੌਣ ਖਾ ਜਾਂਦਾ ਹੈ ਤਲ ਕੇ
ਟੋਕੇ ’ਤੇ ਰੁੱਗ ਲਾ ਰਹੇ
ਕੁਤਰੇ ਹੋਏ ਅਰਮਾਨਾਂ ਵਾਲ਼ੇ ਡੌਲਿਆਂ ਦੀਆਂ ਮੱਛੀਆਂ ?
ਕਿਉਂ ਗਿੜਗਿੜਾਉਂਦਾ ਹੈ
ਮੇਰੇ ਪਿੰਡ ਦਾ ਕਿਸਾਨ
ਇਕ ਮਾਮੂਲੀ ਪੁਲਸੀਏ ਅੱਗੇ ?
ਕਿਉਂ ਕਿਸੇ ਦਰੜੇ ਜਾ ਰਹੇ ਬੰਦੇ ਦੇ ਚੀਕਣ ਨੂੰ
ਹਰ ਵਾਰ
ਕਵਿਤਾ ਕਹਿ ਦਿੱਤਾ ਜਾਂਦਾ ਹੈ ?
ਮੈਂ ਪੁੱਛਦਾ ਹਾਂ ਆਸਮਾਨ ’ਚ ਉੜਦੇ ਹੋਏ ਸੂਰਜ ਨੂੰ

ਘਾਹ – ਪਾਸ਼

ਮੈਂ ਘਾਹ ਹਾਂ
ਮੈਂ ਤੁਹਾਡੇ ਹਰ ਕੀਤੇ ਕਰਾਏ ’ਤੇ ਉਗ ਆਵਾਂਗਾ
ਬੰਬ ਸੁੱਟ ਦਿਉ ਭਾਵੇਂ ਵਿਸ਼ਵ ਵਿਦਿਆਲੇ ’ਤੇ
ਬਣਾ ਦਿਉ ਹਰ ਹੋਸਟਲ ਮਲਬੇ ਦੇ ਢੇਰ
ਸੁਹਾਗਾ ਫੇਰ ਦਿਉ ਬੇਸ਼ੱਕ ਸਾਡੀਆਂ ਝੁੱਗੀਆਂ ’ਤੇ
ਮੈਨੂੰ ਕੀ ਕਰੋਗੇ ?
ਮੈਂ ਤਾਂ ਘਾਹ ਹਾਂ, ਹਰ ਚੀਜ਼ ਢਕ ਲਵਾਂਗਾ
ਹਰ ਢੇਰ ’ਤੇ ਉਗ ਆਵਾਂਗਾ

ਬੰਗੇ ਨੂੰ ਢੇਰੀ ਕਰ ਦਿਓ
ਸੰਗਰੂਰ ਨੂੰ ਮਿਟਾ ਦਿਓ
ਧੁੜ ’ਚ ਮਿਲਾ ਦਿਓ ਲੁਧਿਆਣੇ ਦਾ ਜ਼ਿਲ੍ਹਾ
ਮੇਰੀ ਹਰਿਆਲੀ ਆਪਣਾ ਕੰਮ ਕਰੇਗੀ….
ਦੋ ਸਾਲ, ਦਸ ਸਾਲ ਬਾਦ
ਸਵਾਰੀਆਂ ਫਿਰ ਕਿਸੇ ਟਿਕਟ-ਕੱਟ ਤੋਂ ਪੁੱਛਣਗੀਆਂ
”ਇਹ ਕਿਹੜੀ ਥਾਂ ਹੈ ?
ਮੈਨੂੰ ਬਰਨਾਲੇ ਉਤਾਰ ਦੇਣਾ
ਜਿੱਥੇ ਹਰੇ ਘਾਹ ਦਾ ਜੰਗਲ ਹੈ”

ਮੈਂ ਘਾਹ ਹਾਂ,
ਮੈਂ ਆਪਣਾ ਕੰਮ ਕਰਾਂਗਾ
ਮੈਂ ਤੁਹਾਡੇ ਹਰ ਕੀਤੇ ਕਰਾਏ ’ਤੇ ਉਗ ਆਵਾਂਗਾ

ਸਭ ਤੋਂ ਖਤਰਨਾਕ ਹੁੰਦਾ ਹੈ – ਪਾਸ਼

ਕਿਰਤ ਦੀ ਲੁੱਟ, ਸਭ ਤੋਂ ਖਤਰਨਾਕ ਨਹੀਂ ਹੁੰਦੀ
ਪੁਲਿਸ ਦੀ ਕੁੱਟ, ਸਭ ਤੋਂ ਖਤਰਨਾਕ ਨਹੀਂ ਹੁੰਦੀ
ਗੱਦਾਰੀ ਲੋਭ ਦੀ ਮੁੱਠ, ਸਭ ਤੋਂ ਖਤਰਨਾਕ ਨਹੀਂ ਹੁੰਦੀ

ਬੈਠੇ ਸੁੱਤਿਆਂ ਫੜੇ ਜਾਣਾ – ਬੁਰਾ ਤਾਂ ਹੈ
ਡਰੂ ਜਿਹੀ ਚੁੱਪ ਵਿਚ ਮੜੇ ਜਾਣਾ – ਬੁਰਾ ਤਾਂ ਹੈ
ਸਭ ਤੋਂ ਖਤਰਨਾਕ ਨਹੀਂ ਹੁੰਦਾ

ਕਪਟ ਦੇ ਸ਼ੋਰ ਵਿਚ
ਸਹੀ ਹੁੰਦਿਆ ਵੀ ਦਬ ਜਾਣਾ, ਬੁਰਾ ਤਾਂ ਹੈ
ਕਿਸੇ ਜੁਗਨੂੰ ਦੀ ਲੋਅ ਖਾਤਿਰ ਪੜਨ ਲੱਗ ਜਾਣਾ – ਬੁਰਾ ਤਾਂ ਹੈ
ਸਭ ਤੋਂ ਖਤਰਨਾਕ ਨਹੀਂ ਹੁੰਦਾ

ਸਭ ਤੋਂ ਖਤਰਨਾਕ ਹੁੰਦਾ ਹੈ
ਮੁਰਦਾ ਸ਼ਾਂਤੀ ਨਾਲ ਭਰ ਜਾਣਾ
ਨਾ ਹੋਣਾ ਤੜਪ ਦਾ
ਸਭ ਕੁਝ ਸਹਿਣ ਕਰ ਜਾਣਾ
ਘਰਾਂ ਤੋਂ ਨਿਕਲਣਾ ਕੰਮ ਤੇ
ਤੇ ਕੰਮ ਤੋਂ ਘਰ ਆਣਾ

ਸਭ ਤੋਂ ਖਤਰਨਾਕ ਹੁੰਦਾ ਹੈ
ਸਾਡੇ ਸੁਪਨਿਆਂ ਦਾ ਮਰ ਜਾਣਾ

ਸਭ ਤੋਂ ਖਤਰਨਾਕ ਉਹ ਘੜੀ ਹੁੰਦੀ ਹੈ
ਤੁਹਾਡੇ ਗੁੱਟ ‘ਤੇ ਚਲਦੀ ਹੋਈ ਵੀ ਜੋ
ਤੁਹਾਡੀ ਨਜ਼ਰ ਲਈ ਖੜੀ ਹੁੰਦੀ ਹੈ |

ਸਭ ਤੋ ਖਤਰਨਾਕ ਉਹ ਅੱਖ ਹੁੰਦੀ ਹੈ
ਜੋ ਸਭ ਕੁਝ ਦੇਖਦੀ ਹੋਈ ਵੀ ਠੰਡੀ ਯੱਖ ਹੁੰਦੀ ਹੈ
ਜਿਸ ਦੀ ਨਜ਼ਰ ਦੁਨੀਆ ਨੂੰ ਮੁਹੱਬਤ ਨਾਲ ਚੁੰਮਣਾ ਭੁੱਲ ਜਾਂਦੀ ਹੈ